World News
Published: 08 Jun 2026
ਗੁਰਿਆਈ ਦਿਵਸ 'ਤੇ ਜਥੇਦਾਰ ਗੜਗੱਜ ਦਾ ਸੰਦੇਸ਼: ਕਾਨੂੰਨ ਦੇ ਡਰੋਂ ਗੁਰਬਾਣੀ ਨੂੰ ਘਰਾਂ ਤੋਂ ਦੂਰ ਨਾ ਕਰੇ ਸਿੱਖ ਸੰਗਤ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਰੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਅਪੀਲ ਕੀਤੀ ਕਿ ਕਿਸੇ ਵੀ ਸਰਕਾਰੀ ਕਾਨੂੰਨ ਦੇ ਡਰ ਕਾਰਨ ਸੰਗਤ ਆਪਣੇ ਘਰਾਂ ਵਿੱਚੋਂ ਗੁਰਬਾਣੀ ਨੂੰ ਦੂਰ ਨਾ ਕਰੇ। ਉਨ੍ਹਾਂ ਕਿਹਾ ਕਿ ਸੰਗਤ ਪਹਿਲਾਂ ਵਾਂਗ ਹੀ ਪੂਰੇ ਸਤਿਕਾਰ ਨਾਲ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ, ਪੋਥੀਆਂ, ਗੁਟਕੇ ਅਤੇ ਧਾਰਮਿਕ ਸਾਹਿਤ ਨੂੰ ਸੰਭਾਲ ਕੇ ਰੱਖੇ। ਜਥੇਦਾਰ ਨੇ ਚਿੰਤਾ ਪ੍ਰਗਟਾਈ ਕਿ ਨਵੇਂ ਕਾਨੂੰਨ ਦੇ ਡਰੋਂ ਲੋਕ ਪੋਥੀਆਂ ਤੇ ਗੁਟਕੇ ਘਰਾਂ ਤੋਂ ਬਾਹਰ ਕਰ ਰਹੇ ਹਨ ਅਤੇ ਹਾਲ ਹੀ ਵਿੱਚ ਫਿਰੋਜ਼ਪੁਰ ਜੇਲ੍ਹ ਵਿੱਚ ਵੀ ਸਿੱਖ ਕੈਦੀਆਂ ਕੋਲੋਂ ਗੁਟਕੇ ਤੇ ਸੈਂਚੀਆਂ ਲੈ ਲਈਆਂ ਗਈਆਂ ਹਨ। ਉਨ੍ਹਾਂ ਸਮੁੱਚੀ ਕੌਮ ਨੂੰ ਅਜਿਹੀਆਂ ਚੁਣੌਤੀਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਜਥੇਦਾਰ ਗੜਗੱਜ ਨੇ ਸਾਫ਼ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖ਼ਾਲਸਾ ਸਾਜਨਾ ਦਿਵਸ 'ਤੇ ਬਣਾਇਆ ਗਿਆ 'ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੋਧ ਐਕਟ 2026' ਸਿੱਖ ਪੰਥ ਨੂੰ ਮਨਜ਼ੂਰ ਨਹੀਂ ਹੈ, ਕਿਉਂਕਿ ਇਸ ਦੀਆਂ ਕੁਝ ਇਤਰਾਜ਼ਯੋਗ ਮੱਦਾਂ (ਧਾਰਾਵਾਂ) ਸਿੱਖਾਂ ਨੂੰ ਗੁਰਬਾਣੀ ਤੋਂ ਦੂਰ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਤੇ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਪੰਥ ਨੂੰ ਅਗਲਾ ਆਦੇਸ਼ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਨ੍ਹਾਂ ਇਤਰਾਜ਼ਯੋਗ ਧਾਰਾਵਾਂ ਨੂੰ ਹਟਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਕੇ ਜਾਣੂ ਕਰਵਾਇਆ ਗਿਆ ਸੀ ਅਤੇ ਸਰਕਾਰ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਕਾਨੂੰਨ ਸੋਧਣ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਹ ਅਲਟੀਮੇਟਮ 26 ਮਈ ਨੂੰ ਖ਼ਤਮ ਹੋ ਚੁੱਕਾ ਹੈ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਆਦੇਸ਼ 'ਤੇ ਕੋਈ ਹੁੰਗਾਰਾ ਨਹੀਂ ਭਰਿਆ ਗਿਆ।
← Back to News