ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਸਿਹਤ ਅਫਸਰ

ਕਮਿਊਨਿਟੀ ਹੈਲਥ ਅਫਸਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਕਮਿਊਨਿਟੀ ਸਿਹਤ ਅਫਸਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਭਰ ਤੋਂ ਸੈਂਕੜੇ ਕਮਿਊਨਿਟੀ ਸਿਹਤ ਅਫਸਰ ਅੱਜ ਇੱਥੇ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇ-7 ਦੇ ਸੰਗਰੂਰ-ਪਟਿਆਲਾ ਬਾਈਪਾਸ ਓਵਰਬ੍ਰਿਜ ਹੇਠਾਂ ਇਕੱਠੇ ਹੋਏ ਜਿਥੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਕਮਿਊਨਿਟੀ ਸਿਹਤ ਅਫ਼ਸਰ ਜਿਉਂ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਪੁਲੀਸ ਵਲੋਂ ਸਖਤ ਨਾਕੇਬੰਦੀ ਕਰਕੇ ਰੋਕ ਲਿਆ। ਪ੍ਰਦਰਸ਼ਨਕਾਰੀਆਂ ਵਲੋਂ ਆਵਾਜਾਈ ਠੱਪ ਕਰਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕਮਿਊਨਿਟੀ ਹੈਲਥ ਐਸੋਸ਼ੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਜਤਿੰਦਰ ਸਿੰਘ, ਮੀਤ ਪ੍ਰਧਾਨ ਡਾ. ਨਵਜੋਤ ਸਿੰਘ ਅਤੇ ਡਾ. ਵਿਪਨ, ਜਨਰਲ ਸਕੱਤਰ ਡਾ. ਦਰਬਾਰੀ ਲਾਲ, ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਅਤੇ ਕਮਲਪ੍ਰੀਤ ਕੌਰ ਕਲਿਆਣ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸੀ ਐੱਚ ਓ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਲੋਕਤੰਤਰੀ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖਣਗੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ 4 ਅਗਸਤ ਦੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਤੈਅ ਕਰਾਉਣ ਤੋਂ ਬਾਅਦ ਰੋਸ ਧਰਨਾ ਸਮਾਪਤ ਕੀਤਾ ਗਿਆ।
← Back to News