World News
Published: 27 Jul 2026
ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਦੀ ਖਿੱਚ-ਧੂਹ
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਜ਼ਬਰਦਸਤ ਖਿੱਚ-ਧੂਹ ਹੋਈ। ਬੇਰੁਜ਼ਗਾਰ ਮੁੱਖ ਮੰਤਰੀ ਦੀ ਕੋਠੀ ਵੱਲ ਵਧਣਾ ਚਾਹੁੰਦੇ ਸੀ ਪਰ ਵੱਡੀ ਗਿਣਤੀ ’ਚ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਸਿਖ਼ਰ ਦੁਪਹਿਰੇ ਹੁੰਮਸ ਭਰੀ ਗਰਮੀ ’ਚ ਹੋਈ ਖਿੱਚ-ਧੂਹ ਦੌਰਾਨ ਇੱਕ ਪ੍ਰਦਰਸ਼ਨਕਾਰੀ ਬੇਹੋਸ਼ ਹੋ ਗਿਆ ਜਦਕਿ ਦੋ ਮਹਿਲਾ ਪੁਲੀਸ ਮੁਲਾਜ਼ਮ ਦੀ ਸਿਹਤ ਵਿਗੜ ਗਈ। ਬੇਰੁਜ਼ਗਾਰਾਂ ਨੇ ਦੋ ਵਾਰ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਅਤੇ ਦੋਵੇਂ ਵਾਰ ਪੁਲੀਸ ਨੇ ਅੱਗੇ ਨਹੀਂ ਵਧਣ ਦਿੱਤਾ ਜਿਸ ਕਾਰਨ ਬੇਰੁਜ਼ਗਾਰਾਂ ਨੇ ਸੜਕ ’ਤੇ ਹੀ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉੱਧਰ ਬੇਰੁਜ਼ਗਾਰਾਂ ਦਾ ਬੇਮਿਆਦੀ ਸੂਬਾਈ ਪੱਕਾ ਮੋਰਚਾ ਵੀ ਪਿਛਲੇ 7 ਮਹੀਨਿਆਂ ਤੋਂ ਡੀ ਸੀ ਦਫ਼ਤਰ ਅੱਗੇ ਜਾਰੀ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਵੱਖ ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਸੋਸ਼ਲ ਐਂਪਲਾਈਜ਼ ਯੂਨੀਅਨ ਦੇ ਵਰਕਰ ਸਥਾਨਕ ਵੇਰਕਾ ਮਿਲਕ ਪਲਾਂਟ ਦੇ ਪਾਰਕ ਵਿਚ ਇਕੱਠੇ ਹੋਏ ਜਿੱਥੋਂ ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲੀਸ ਨੇ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਉਨ੍ਹਾਂ ਨੂੰ ਰੋਕ ਲਿਆ। ਖਿੱਚ-ਧੂਹ ਦੌਰਾਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਆਗੂ ਰਮਨ ਮਲੋਟ ਬੇਹੋਸ਼ ਹੋ ਗਏ ਜਿਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਦੋ ਮਹਿਲਾ ਪੁਲੀਸ ਮੁਲਾਜ਼ਮ ਵੀ ਹੁੰਮਸ ਭਰੀ ਗਰਮੀ ਦਾ ਸ਼ਿਕਾਰ ਹੋਈਆਂ ਜਿਨ੍ਹਾਂ ਨੂੰ ਸਾਥੀ ਮੁਲਾਜ਼ਮਾਂ ਨੇ ਸੰਭਾਲਿਆ। ਧਰਨੇ ਨੂੰ ਬੇਰੁਜ਼ਗਾਰ ਸਾਂਝੇ ਮੋਰਚੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਅਮਨ ਸੇਖਾਂ, ਹਰਜਿੰਦਰ ਝੁਨੀਰ, ਲਖਵੀਰ ਸਿੰਘ ਸਿਰੀਏਵਾਲਾ ਅਤੇ ਨਵਜੋਤ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਨਾਂਹਪੱਖੀ ਵਤੀਰੇ ਦੀ ਨਿਖੇਧੀ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਮੀਟਿੰਗ 29 ਜੁਲਾਈ ਨੂੰ ਕੈਬਨਿਟ ਸਬ-ਕਮੇਟੀ ਨਾਲ ਜਦਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਐਂਪਲਾਈਜ਼ ਯੂਨੀਅਨ ਦੀ ਮੀਟਿੰਗ 13 ਅਗਸਤ ਨੂੰ ਪੰਜਾਬ ਕੈਬਨਿਟ ਸਬ-ਕਮੇਟੀ ਅਤੇ ਵਿਭਾਗ ਦੇ ਸਕੱਤਰ ਨਾਲ ਤੈਅ ਕਰਵਾਈ ਗਈ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜੇ ਮੀਟਿੰਗ ਦੌਰਾਨ ਮੰਗਾਂ ਨਾ ਮੰਨੀਆਂ ਗਈਆਂ ਤਾਂ 31 ਜੁਲਾਈ ਨੂੰ ਮੁੜ ਸੁਨਾਮ ’ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
← Back to News