World News
Published: 27 Jul 2026
ਮੋਹਲਤ ਖ਼ਤਮ ਹੋਣ ਤੋਂ ਪਹਿਲਾਂ ਬੇਅਦਬੀ ਕਾਨੂੰਨ ’ਚ ਸੋਧ ਕਰੇ ਸਰਕਾਰ: ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਿਰਧਾਰਤ ਸਮਾਂ ਖ਼ਤਮ ਹੋਣ ਤੋਂ ਪਹਿਲਾਂ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2006’ ਵਿੱਚ ਸੋਧ ਕਰ ਲੈਣੀ ਚਾਹੀਦੀ ਹੈ ਕਿਉਂਕਿ ਸਰਕਾਰ ਨੇ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਇਹ ਸੋਧਾਂ ਕਰਨ ਦੀ ਸਹਿਮਤੀ ਦਿੱਤੀ ਸੀ। ਜੇ ਸਰਕਾਰ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦੀ ਤਾਂ ਮੋਹਲਤ ਖ਼ਤਮ ਹੋਣ ਮਗਰੋਂ ਅਗਲੀ ਰਣਨੀਤੀ ਅਪਣਾਈ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਵਲੋਂ 29 ਜੁਲਾਈ ਤੋਂ ਸੱਦੇ ਵਿਧਾਨ ਸਭਾ ਸੈਸ਼ਨ ’ਚ ਬੇਅਬਦੀ ਕਾਨੂੰਨ ਵਿੱਚ ਸੋਧਾਂ ਕਰਨ ਲਈ ਯੋਗ ਕਦਮ ਚੁੱਕੇ ਜਾਣਗੇ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਚਲਾਈ ਗਈ ਸੂਬਾ ਪੱਧਰੀ ਮੁਹਿੰਮ ‘ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਦੀ ਸ਼ੁਰੂਆਤ ਮੌਕੇ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ਵਿੱਚ ਸੰਗਤ ਨੂੰ ਸੰਬੋਧਨ ਕਰ ਰਹੇ ਸਨ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸੀਨੀਅਰ ਨੌਜਵਾਨ ਆਗੂ ਬਿਕਰਮ ਸਿੰਘ ਅੱਲ੍ਹਾ ਬਖਸ਼ ਦੇ ਯਤਨਾਂ ਸਦਕਾ ਕਰਵਾਏ ਸਮਾਗਮ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਪੰਥ ਵਿਰੋਧੀ ਤਾਕਤਾਂ ਗੁਰਬਾਣੀ ਦੇ ਸਤਿਕਾਰ ਅਤੇ ਸਿੱਖ ਮਾਣ-ਸਨਮਾਨ ਬਾਰੇ ਗਲਤ ਜਾਣਕਾਰੀ ਫੈਲਾ ਕੇ ਸੰਗਤ ਨੂੰ ਗੁਰਬਾਣੀ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਸੰਗਤ ਨੂੰ ਅਜਿਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਸੰਗਤ ਨੂੰ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਦਾ ਸਖ਼ਤ ਵਿਰੋਧ ਕਰਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਸਿੰਘ ਸਾਹਿਬਾਨ, ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਿਆ। ਇਸ ਮੌਕੇ ਮੁੱਖ ਪ੍ਰਚਾਰਕ ਗਿਆਨੀ ਕਲਿਆਣ ਸਿੰਘ, ਗੁਰਦੁਆਰਾ ਗਰਨਾ ਸਾਹਿਬ ਦੇ ਮੈਨੇਜਰ ਸਰਬਜੀਤ ਸਿੰਘ, ਵਿਧਾਇਕ ਜੰਗੀ ਲਾਲ ਮਹਾਜਨ, ਅਰੁਣੇਸ਼ ਸ਼ਾਕਰ, ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਜਸਵਿੰਦਰ ਸਿੰਘ ਬਿੱਟੂ, ਆਸਾ ਸਿੰਘ ਕੋਲੀਆਂ, ਸੌਦਾਗਰ ਸਿੰਘ ਚਨੌਰ, ਹਰਮਨਜੀਤ ਸਿੰਘ ਚੱਕ ਆਦਿ ਹਾਜ਼ਰ ਸਨ।
← Back to News