World News
Published: 29 Jul 2026
ਪੇਪਰ ਲੀਕ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਵੇ: ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਪੇਪਰ ਲੀਕ ਦੀਆਂ ਘਟਨਾਵਾਂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਵੱਲੋਂ 4 ਸਾਲਾਂ ਵਿੱਚ ਕੋਈ ਵੀ ਪੇਪਰ ਲੀਕ ਨਾ ਹੋਣ ਦਾ ਦਾਅਵਾ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ 4 ਸਾਲਾਂ ਦੌਰਾਨ 6 ਪੇਪਰ ਲੀਕ ਦੇ ਮਾਮਲੇ ਸਾਹਮਣੇ ਆਏ ਹਨ। ਹੁਣ ਤਾਂ ਸਿਰਫ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੀ ਉਨ੍ਹਾਂ ਪੰਜ ਲੱਖ ਵਿਦਿਆਰਥੀਆਂ ਨੂੰ ਨਿਆਂ ਦੁਆ ਸਕਦੀ ਹੈ, ਜਿਨ੍ਹਾਂ ਨਾਲ ਧੋਖਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੇਪਰ ਲੀਕ ਦੀਆਂ ਘਟਨਾਵਾਂ ਲਈ ਜ਼ਿੰਮੇਵਾਰੀ ਤੈਅ ਕਰੇ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਸ੍ਰੀ ਮਜੀਠੀਆ ਨੇ ਦਿੱਲੀ ਜੰਤਰ ਮੰਤਰ ’ਤੇ ਵਿਦਿਆਰਥੀ ਸੰਘਰਸ਼ ਦੀ ਅਗਵਾਈ ਕਰਨ ਵਾਲੀ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਨੂੰ ਪੰਜਾਬ ਵਿੱਚ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਬਰਨਾਲਾ ਵਿੱਚ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਹੈ ਤੇ ਮੰਗ ਕੀਤੀ ਕਿ ਡੀ ਐੱਸ ਪੀ ਨੂੰ ਬਰਖਾਸਤ ਕਰਕੇ ਕੇਸ ਦਰਜ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਵੀ ਨਾਲ ਮੌਜੂਦ ਸਨ।
← Back to News