ਸਰਕਾਰ ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਦੀ ਮਨਜ਼ੂਰੀ ਬਿਨਾਂ ਬਿੱਲ ਪਾਸ ਨਾ ਕਰੇ: ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਇੱਥੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਉਨ੍ਹਾਂ ਇਸ ਮੌਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਬਾਰੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਿੱਖ ਕੌਮ ਨਾਲ ਸਬੰਧਤ ਕੋਈ ਵੀ ਬਿੱਲ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਨਜ਼ੂਰੀ ਤੋਂ ਬਿਨ੍ਹਾਂ ਪਾਸ ਨਹੀਂ ਕਰਨਾ ਚਾਹੀਦਾ। ਪੰਜਾਬ ਸਰਕਾਰ ਵੱਲੋਂ ਅੱਜ ਅਕਾਲ ਤਖ਼ਤ ਸਕਤਰੇਤ ਵਿੱਚ ਸੋਧਾਂ ਵਾਲਾ ਖਰੜਾ ਦਿੱਤਾ ਗਿਆ ਹੈ, ਜਿਸ ਬਾਰੇ ਪੜਤਾਲ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਸਰਕਾਰ ਨੇ ਇਤਰਾਜ਼ ਦੂਰ ਕੀਤੇ ਹਨ ਕਿ ਨਹੀਂ। ਸਰਕਾਰ ਨੂੰ ਸਿੱਖ ਕੌਮ ਨਾਲ ਸਬੰਧਤ ਕੋਈ ਵੀ ਫ਼ੈਸਲਾ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਲਾਹ ਤੋਂ ਬਿਨਾਂ ਨਹੀਂ ਕਰਨਾ ਚਾਹੀਦਾ। ਅੱਜ ਮੀਟਿੰਗ ਵਿੱਚ ਪੰਜਾਬ ਵਿੱਚ ਪੇਪਰ ਲੀਕ ਮਾਮਲੇ ਸਬੰਧੀ ਵਿਸਥਾਰਤ ਵਿਚਾਰ ਵਟਾਂਦਰਾ ਕੀਤਾ ਗਿਆ। ਮਾਡਲ ਟਾਊਨ ਸਥਿਤ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਗ੍ਰਹਿ ਵਿੱਚ ਮੀਟਿੰਗ ਦੌਰਾਨ ਸ੍ਰੀ ਬਾਦਲ ਨੇ ਪੇਪਰ ਲੀਕ ਮਾਮਲੇ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਗੰਭੀਰ ਮੁੱਦੇ ’ਤੇ ਵਿਚਾਰ ਕਰਨ ਲਈ ਭਲਕੇ ਚੰਡੀਗੜ੍ਹ ਵਿੱਚ ਪਾਰਟੀ ਦੀ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਪੇਪਰ ਲੀਕ ਮਾਮਲੇ ‘ਤੇ ਸਰਕਾਰ ਦੀ ਭੂਮਿਕਾ ਬਾਰੇ ਵਿਚਾਰ ਚਰਚਾ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ 11 ਦੇ ਕਰੀਬ ਪ੍ਰੀਖਿਆ ਪੇਪਰ ਲੀਕ ਕੀਤੇ ਗਏ ਹਨ। ਨੌਜਵਾਨ ਉਨ੍ਹਾਂ ਕੋਲ ਆ ਕੇ ਦੱਸ ਰਹੇ ਹਨ ਕਿ ਪੰਜਾਬ ਵਿੱਚ ਉਨ੍ਹਾਂ ਦਾ ਕੋਈ ਭਵਿੱਖ ਨਹੀਂ ਹੈ। ਅਰਵਿੰਦ ਕੇਜਰੀਵਾਲ ਤੋਂ ਲੈ ਕੇ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਦੀ ਸਮੁੱਚੀ ‘ਆਪ’ ਲੀਡਰਸ਼ਿਪ ਇਸ ਘੁਟਾਲੇ ਦਾ ਮਜ਼ਬੂਤੀ ਨਾਲ ਬਚਾਅ ਕਰਕੇ ਅਸਲ ਦੋਸ਼ੀਆਂ ਨੂੰ ਬਚਾਅ ਰਹੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਅਕਾਲੀ ਦਲ ਤੇ ਪੂਰਾ ਭਰੋਸਾ ਹੈ ਅਤੇ ਇਸ ਕਰਕੇ ਹੀ ਉਨ੍ਹਾਂ ਪਾਸੋਂ ਮਦਦ ਮੰਗ ਰਹੇ ਹਨ। ਅਕਾਲੀ ਦਲ ਨੌਜਵਾਨਾਂ ਦੀ ਹਰ ਲੜਾਈ ਅੱਗੇ ਹੋ ਕੇ ਲੜੇਗਾ। ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਜਗਬੀਰ ਸਿੰਘ ਸੋਖੀ ਅਤੇ ਜਸਪਾਲ ਸਿੰਘ ਗਿਆਸਪੁਰਾ ਵੀ ਹਾਜ਼ਰ ਸਨ।
← Back to News