SGPC ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ; ਜਾਣੋ ਜ਼ਰੂਰੀ ਹਦਾਇਤਾਂ ਤੇ ਦਸਤਾਵੇਜ਼ ਬਾਰੇ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ ਮਹੀਨੇ ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਸ਼ਰਧਾਲੂਆਂ ਕੋਲੋਂ ਉਨ੍ਹਾਂ ਦੇ ਪਾਸਪੋਰਟ 10 ਅਗਸਤ ਤੱਕ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫ਼ਾਰਸ਼ ਸਹਿਤ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿੱਚ ਭੇਜਣ। ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।
← Back to News