ਖ਼ਾਲਸਾ ਮਾਰਚ ਸਦਕਾ ਨੌਜਵਾਨ ਸਿੱਖੀ¬ ਨਾਲ ਜੁੜਨ ਲੱਗੇ: ਜਥੇਦਾਰ

ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਕੰਪਲੈਕਸ ਵਿੱਚ ਰਾਤ ਦੇ ਵਿਸ਼ਰਾਮ ਮਗਰੋਂ ਮੀਰੀ-ਪੀਰੀ ਖ਼ਾਲਸਾ ਮਾਰਚ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਨਹੀਂ ਪਹੁੰਚ ਸਕੇ ਅਤੇ ਉਹ ਬਾਅਦ ਵਿੱਚ ਬੱਸ ਸਟੈਂਡ ਕੋਲੋਂ ਮਾਰਚ ’ਚ ਸ਼ਾਮਲ ਹੋਏ। ਇਸ ਮੌਕੇ ਜਥੇਦਾਰ ਗੜਗੱਜ ਨੇ ਸਿੱਖ ਧਰਮ ਦੇ ਫਲਸਫੇ ਅਤੇ ਮੌਜੂਦਾ ਸਥਿਤੀ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਵਰਗੇ ਯਤਨਾਂ ਸਦਕਾ ਕਈ ਨੌਜਵਾਨਾਂ ਨੇ ਕੇਸ ਰੱਖਣ ਦਾ ਪ੍ਰਣ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਰਚ ਕਾਰਨ ਨੌਜਵਾਨ ਵੱਡੀ ਗਿਣਤੀ ਵਿੱਚ ਸਿੱਖੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦਾ ਹੁੰਗਾਰਾ ਦੱਸਦਾ ਹੈ ਕਿ ਹਰ ਸਿੱਖ ਦੇ ਮਨ ਵਿੱਚ ਅਕਾਲ ਤਖ਼ਤ ਸਾਹਿਬ ਵੱਸਦਾ ਹੈ ਕਿਉਂਕਿ ਹਰ ਸਿੱਖ ਨੂੰ ਪਤਾ ਹੈ ਕਿ ਉਸ ਦੀ ਪਹਿਲੀ ਤੇ ਆਖਰੀ ਵਫ਼ਾਦਾਰੀ ਗੁਰੂ ਗ੍ਰੰਥ ਸਾਹਿਬ, ਗੁਰੂ ਪੰਥ ਅਤੇ ਅਕਾਲ ਤਖ਼ਤ ਸਾਹਿਬ ਦੇ ਪ੍ਰਤੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਰਬਾਰ ਸਾਹਿਬ ਕਮੇਟੀ ਦੇ ਮੈਨੇਜਰ ਨਿਰਮਲਜੀਤ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਬੇਅਦਬੀ ਰੋਕੂ ਕਾਨੂੰਨ ਬਾਰੇ ਜਥੇਦਾਰ ਸ੍ਰੀ ਗੜਗੱਜ ਨੇ ਕਿਹਾ ਕਿ ਜਿਸ ਤਰ੍ਹਾਂ ਅਕਾਲ ਤਖ਼ਤ ਤੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਵੀ ਆਪਣੀ ਕਮੇਟੀ ਬਣਾ ਕੇ ਵਿਚਾਰ-ਚਰਚਾ ਮਗਰੋਂ ਮਾਮਲਾ ਹੱਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੰਜੀਦਗੀ ਦਿਖਾਉਣੀ ਚਾਹੀਦੀ।

← Back to News