ਮੋਰਿੰਡਾ ਨੇੜੇ ਅੰਮ੍ਰਿਤਪਾਲ ਸਿੰਘ ਕੇਸ ਦੇ ਗਵਾਹ ’ਤੇ ਗੋਲੀਬਾਰੀ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਕੇਸ ਦੇ ਗਵਾਹ ’ਤੇ ਮੋਰਿੰਡਾ ਨੇੜੇ ਤੜਕੇ 2 ਵਜੇ ਦੇ ਕਰੀਬ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ, ਇਸ ਘਟਨਾ ਵਿੱਚ ਉਹ ਬਾਲ-ਬਾਲ ਬਚ ਗਿਆ। ਰੂਪਨਗਰ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਇਹ ਗੋਲੀਬਾਰੀ ਕਿਸੇ ਸਾਜ਼ਿਸ਼ ਦਾ ਹਿੱਸਾ ਨਹੀਂ, ਸਗੋਂ ਸੜਕੀ ਲੜਾਈ (ਰੋਡ ਰੇਜ) ਦਾ ਨਤੀਜਾ ਹੈ। ਪੁਲੀਸ ਅਨੁਸਾਰ ਅਜਨਾਲਾ ਕਾਂਡ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤਕਰਤਾ ਅਤੇ ਕੇਸ ਦੇ ਗਵਾਹ ਪਿੰਡ ਸਲੇਮਪੁਰ ਦੇ ਵਰਿੰਦਰ ਸਿੰਘ ਮਾਵੀ ਨੇ ਰਾਤ 2 ਵਜੇ ਦੇ ਕਰੀਬ ਪੁਲੀਸ ਨੂੰ ਫ਼ੋਨ ਕਰਕੇ ਇਤਲਾਹ ਦਿੱਤੀ ਕਿ ਇੱਕ ਵਿਅਕਤੀ ਉਸ ’ਤੇ ਗੋਲੀਆਂ ਚਲਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਪੁਲੀਸ ਟੀਮਾਂ ਤੁਰੰਤ ਮੌਕੇ ’ਤੇ ਪੁੱਜੀਆਂ। ਜਾਂਚ ਦੌਰਾਨ ਸਾਹਮਣੇ ਆਇਆ ਕਿ ਪਿੰਡ ਸਮਰੌਲੀ ਦੇ ਰਹਿਣ ਵਾਲੇ ਜਸਬੀਰ ਸਿੰਘ ਉਰਫ਼ ਕਾਲਾ ਨੇ ਸ਼ਰਾਬ ਦੇ ਨਸ਼ੇ ’ਚ ਗੱਡੀ ਲੰਘਾਉਣ ਦੀ ਗੱਲ ਨੂੰ ਲੈ ਕੇ ਮਾਵੀ ਨਾਲ ਝਗੜਾ ਕੀਤਾ ਸੀ। ਮੁਲਜ਼ਮ ਨੇ ਹਵਾਈ ਫਾਇਰ ਕੀਤੇ ਅਤੇ ਮਾਵੀ ਦੀ ਗੱਡੀ ਦਾ ਪਿੱਛਾ ਕਰਦਿਆਂ ਉਸ ਦੇ ਪਿੰਡ ਤੱਕ ਪਹੁੰਚ ਕੇ ਉਸ ਦੇ ਸਾਥੀਆਂ ਨੂੰ ਧਮਕਾਇਆ, ਜਿਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਐੱਸ.ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਮੋਰਿੰਡਾ ਵਿਖੇ ਭਾਰਤੀ ਨਿਆਂ ਸੰਹਿਤਾ (BNS) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ। ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ, ਜਿੱਥੇ ਕਈ ਪੋਸਟਾਂ ਵਿੱਚ ਦਾਅਵਾ ਕੀਤਾ ਗਿਆ ਕਿ ਮਾਵੀ ਦੇ ਗਵਾਹ ਹੋਣ ਕਾਰਨ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਇਹ ਹਮਲਾ ਕੀਤਾ ਗਿਆ ਹੈ। ਹਾਲਾਂਕਿ, ਪੁਲੀਸ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਗਵਾਹ ਹੋਣ ਨਾਤੇ ਕਿਸੇ ਸਾਜ਼ਿਸ਼ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਕੇਸਾਂ ਦੇ ਸ਼ਿਕਾਇਤਕਰਤਾਵਾਂ ਅਤੇ ਗਵਾਹਾਂ ਦੇ ਵਕੀਲ ਪਰਮਿੰਦਰ ਸਿੰਘ ਵਿੱਗ ਨੇ ਇਸ ਘਟਨਾ ’ਤੇ ਚਿੰਤਾ ਪ੍ਰਗਟਾਉਂਦਿਆਂ ਗਵਾਹਾਂ ਦੀ ਸੁਰੱਖਿਆ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਮੁੱਖ ਗਵਾਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਇਸ ਲਈ ਪ੍ਰਸ਼ਾਸਨ ਨੂੰ ਸੁਰੱਖਿਆ ਪ੍ਰਬੰਧ ਹੋਰ ਪੁਖ਼ਤਾ ਕਰਨੇ ਚਾਹੀਦੇ ਹਨ। ਪੁਲੀਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੋਕਾਂ ਨੂੰ ਬਿਨਾਂ ਪੁਸ਼ਟੀ ਕੀਤੀਆਂ ਸੋਸ਼ਲ ਮੀਡੀਆ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ।
← Back to News